ਤੁਸੀਂ ਇਸ ਵੈੱਬਸਾਈਟ ਦਾ ਸਿਰਫ਼-ਟੈਕਸਟ ਵਰਜ਼ਨ ਦੇਖ ਰਹੇ ਹੋ ਜੋ ਘੱਟ ਡਾਟਾ ਵਰਤਦਾ ਹੈ। ਸਾਰੀਆਂ ਤਸਵੀਰਾਂ ਅਤੇ ਵੀਡੀਓ ਸਮੇਤ ਵੈੱਬਸਾਈਟ ਦਾ ਮੁੱਖ ਵਰਜ਼ਨ ਦੇਖੋ।
ਅਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਸਸਕਾਰ 'ਚ ਸ਼ਾਮਿਲ ਹੋਣ ਲਈ ਮਿਲੀ ਇਜਾਜ਼ਤ, ਪਰਿਵਾਰ ਨੇ ਅੰਤਿਮ ਰਸਮਾਂ ਬਾਰੇ ਕੀ ਐਲਾਨ ਕੀਤਾ
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਆਗੂ ਅਤੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋਣ ਲਈ ਅੰਮ੍ਰਿਤਸਰ ਅਦਾਲਤ ਨੇ ਇਜਾਜ਼ਤ ਦਿੱਤੀ ਹੈ।
ਹਾਲਾਂਕਿ ਮਨਜ਼ੂਰੀ ਮਿਲਣ ਤੋਂ ਬਾਅਦ ਉਨ੍ਹਾਂ ਦੇ ਵਕੀਲ ਨੇ ਮੁੜ ਅਦਾਲਤ ਵਿੱਚ ਐਪਲੀਕੇਸ਼ਨ ਪਾ ਕੇ 14 ਨਵੰਬਰ ਦੀ ਬਜਾਏ ਹੋਰ ਦਿਨ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ।
ਅਮ੍ਰਿਤਪਾਲ ਸਿੰਘ ਦੇ ਵਕੀਲ ਹਰਜੋਤ ਸਿੰਘ ਮਾਨ ਨੇ ਦੱਸਿਆ ਕਿ ਫ਼ਿਲਹਾਲ ਅਦਾਲਤ ਦਾ ਅੱਜ ਵਾਲਾ ਆਰਡਰ ਲਾਗੂ ਹੈ ਜਿਸ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ 14 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਲਈ ਕਸਟਡੀ ਪੈਰੋਲ ਦਿੱਤੀ ਗਈ ਹੈ।
ਉਨ੍ਹਾਂ ਕਿਹਾ, "ਸਾਡੇ ਵੱਲੋਂ ਦਾਇਰ ਕੀਤੀ ਗਈ ਅਰਜ਼ੀ ਹੋਲਡ 'ਤੇ ਹੈ। ਕੱਲ੍ਹ ਡਿਊਟੀ ਮੈਜਿਸਟਰੇਟ ਕੋਲ ਦੁਬਾਰਾ ਪਹੁੰਚ ਕਰਨ ਦੀ ਕੋਸ਼ਿਸ਼ ਕਰਾਂਗੇ।"
ਹਰਜੋਤ ਸਿੰਘ ਮਾਨ ਨੇ ਕਿਹਾ ਕਿ ਡਿਬਰੂਗੜ੍ਹ ਤੋਂ ਅਮ੍ਰਿਤਪਾਲ ਸਿੰਘ ਨੂੰ ਕਿਸ ਤਰ੍ਹਾਂ ਲਿਆਂਦਾ ਜਾਏਗਾ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਮਿਲੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਰਿਵਾਰ ਦਾ ਪੱਕਾ ਫ਼ੈਸਲਾ ਹੈ ਕਿ ਬੀਬੀ ਚਰਨ ਕੌਰ ਦਾ ਸਸਕਾਰ, ਅਮ੍ਰਿਤਪਾਲ ਸਿੰਘ ਦੇ ਆਉਣ ਬਾਅਦ ਹੀ ਕੀਤਾ ਜਾਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਤਿੰਨ ਸਾਲ ਬਾਅਦ ਇੰਨੀ ਦੂਰ ਡਿਬਰੂਗੜ੍ਹ ਤੋਂ ਆਉਣ ਦੇ ਮੱਦੇਨਜ਼ਰ ਘੱਟੋ ਘੱਟ ਦੋ ਦਿਨਾਂ ਦੀ ਇਜਾਜ਼ਤ ਮਿਲਣੀ ਚਾਹੀਦੀ ਸੀ।
ਦਰਅਸਲ, ਅਮ੍ਰਿਤਪਾਲ ਸਿੰਘ ਨੇ ਆਪਣੀ ਦਾਦੀ ਚਰਨ ਕੌਰ ਦੇ ਸਸਕਾਰ ਵਿੱਚ ਸ਼ਾਮਲ ਹੋਣ ਲਈ ਇਜਾਜ਼ਤ ਮੰਗਦਿਆਂ ਅਰਜ਼ੀ ਦਾਇਰ ਕੀਤੀ ਸੀ। ਅਦਾਲਤ ਨੇ ਉਨ੍ਹਾਂ ਨੂੰ 14 ਨਵੰਬਰ ਲਈ ਸ਼ਰਤਾਂ ਸਹਿਤ ਇਜਾਜ਼ਤ ਦਿੱਤੀ। ਨਾਲ ਹੀ, ਸੁਰੱਖਿਆ ਅਤੇ ਹੋਰ ਪ੍ਰਬੰਧਾਂ ਦਾ ਖਰਚਾ ਪਰਿਵਾਰ ਵੱਲੋਂ ਭਰਨ ਦੀ ਹਦਾਇਤ ਦਿੱਤੀ ਗਈ।
ਉਧਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਇੰਸਟਾਗ੍ਰਾਮ 'ਤੇ ਵੀਡੀਓ ਸਾਂਝੀ ਕਰਕੇ ਕਿਹਾ ਗਿਆ ਹੈ ਕਿ ਅਦਾਲਤ ਨੇ ਅੰਮ੍ਰਿਤਪਾਲ ਨੂੰ 14 ਨਵੰਬਰ ਲਈ ਸਸਕਾਰ ਵਿੱਚ ਸ਼ਾਮਿਲ ਹੋਣ ਦੀ ਇਜਾਜ਼ਤ ਦਿੱਤੀ ਸੀ ਪਰ ਲੱਗ ਰਿਹਾ ਹੈ ਕਿ ਉਨ੍ਹਾਂ ਨੂੰ ਡਿਬਰੂਗੜ੍ਹ ਤੋਂ ਇੱਥੇ ਲਿਆਉਣ ਵਿੱਚ ਸਮਾਂ ਲੱਗ ਸਕਦਾ ਹੈ, ਜਿਸ ਕਾਰਨ 14 ਨਵੰਬਰ ਨੂੰ ਬੀਬੀ ਚਰਨ ਕੌਰ ਦਾ ਸਸਕਾਰ ਸੰਭਵ ਨਹੀਂ ਜਾਪ ਰਿਹਾ।
ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਹਾਲੇ ਉੱਥੇ ਨਾ ਪਹੁੰਚਿਆ ਜਾਵੇ, ਸਸਕਾਰ ਬਾਰੇ ਕੁਝ ਤੈਅ ਹੋਣ ਬਾਅਦ ਉਨ੍ਹਾਂ ਵੱਲੋਂ ਜਾਣਕਾਰੀ ਦਿੱਤੇ ਜਾਣ ਬਾਅਦ ਲੋਕ ਪਹੁੰਚਣ।
ਦੱਸ ਦੇਈਏ ਕਿ 2023 ਵਿੱਚ ਅਜਨਾਲਾ ਥਾਣੇ ਉੱਤੇ ਕਥਿਤ ਤੌਰ 'ਤੇ ਹਮਲਾ ਕੀਤੇ ਜਾਣ ਦੇ ਮਾਮਲੇ ਵਿੱਚ ਅਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਫਿਰ ਉਨ੍ਹਾਂ ਉੱਤੇ ਐੱਨਐੱਸਏ ਵੀ ਲਾਇਆ ਗਿਆ ਸੀ। ਉਹ ਲਗਭਗ ਪਿਛਲੇ ਸਾਢੇ ਤਿੰਨ ਸਾਲ ਤੋਂ ਜੇਲ੍ਹ ਵਿੱਚ ਹਨ।
ਅਮ੍ਰਿਤਪਾਲ ਸਿੰਘ ਵੱਲੋਂ ਮੰਗੀ ਇਜਾਜ਼ਤ ਉੱਤੇ ਅੰਮ੍ਰਿਤਸਰ ਅਦਾਲਤ ਵਿੱਚ 13 ਨਵੰਬਰ ਨੂੰ ਸੁਣਵਾਈ ਹੋਈ ਹੈ । 14 ਨਵੰਬਰ ਨੂੰ ਮਨਜ਼ੂਰੀ ਮਿਲਣ ਬਾਰੇ ਫੈਸਲਾ ਆਉਣ ਤੋਂ ਬਾਅਦ ਉਨ੍ਹਾਂ ਦੇ ਵਕੀਲ ਕਰਮਵੀਰ ਸਿੰਘ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਸੀ, 'ਅੱਜ ਅਮ੍ਰਿਤਪਾਲ ਸਿੰਘ ਦੇ ਪੈਰੋਲ ਦੇ ਮਾਮਲੇ 'ਚ ਸੁਣਵਾਈ ਹੋਈ ਹੈ, ਅਦਾਲਤ ਨੇ ਉਨ੍ਹਾਂ ਨੂੰ 14 ਨਵੰਬਰ ਲਈ ਇੱਕ ਦਿਨ ਦੀ ਪੈਰੋਲ ਦਿੱਤੀ ਗਈ ਹੈ ਤਾਂ ਜੋ ਉਹ ਆਪਣੀ ਦਾਦੀ ਦੇ ਸਸਕਾਰ ਵਿੱਚ ਸ਼ਾਮਿਲ ਹੋ ਸਕਣ।'
ਉਨ੍ਹਾਂ ਕਿਹਾ ਸੀ ਕਿ 'ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਨੂੰ ਤਿੰਨ ਦਿਨ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਭਰਾ ਨੂੰ 2 ਦਿਨ ਦੀ ਰਾਹਤ ਦਿੱਤੀ ਹੈ।'
ਉਨ੍ਹਾਂ ਇਹ ਵੀ ਦੱਸਿਆ ਕਿ ''ਇਸ ਸਬੰਧ ਵਿੱਚ ਸਾਰਾ ਖ਼ਰਚ ਸਾਡੇ ਵੱਲੋਂ ਜਮ੍ਹਾਂ ਕਰਵਾਇਆ ਜਾਵੇਗਾ।''
ਪਰ ਹੁਣ ਮੰਗ ਕੀਤੀ ਗਈ ਹੈ ਕਿ ਦਿਨ ਬਦਲ ਦਿੱਤਾ ਜਾਏ।
ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਦੀ ਜਾਣਕਾਰੀ ਮੁਤਾਬਕ ਅਦਾਲਤੀ ਦਸਤਾਵੇਜ਼ ਵਿੱਚ ਕਿਹਾ ਗਿਆ ਹੈ ਕਿ ਅਮ੍ਰਿਤਪਾਲ ਸਿੰਘ ਇਸ ਦੌਰਾਨ ਆਪਣੇ ਜੱਦੀ ਘਰ ਪਿੰਡ ਜੱਲੂਪੁਰ ਖੇੜਾ ਤੋਂ ਇਲਾਵਾ ਹੋਰ ਕਿਤੇ ਨਹੀਂ ਜਾ ਸਕਣਗੇ, ਉਨ੍ਹਾਂ ਨੂੰ ਪੁਲਿਸ ਹਿਰਾਸਤ ਵਿੱਚ ਦਾਦੀ ਦੇ ਸਸਕਾਰ ਵਿੱਚ ਸ਼ਾਮਿਲ ਹੋਣਾ ਹੋਵੇਗਾ ,ਆਪਣੇ ਵਿਰੁੱਧ ਚੱਲ ਰਹੇ ਕੇਸਾਂ ਨਾਲ ਸਬੰਧਤ ਕਿਸੇ ਵੀ ਸਰਕਾਰੀ ਗਵਾਹ ਨਾਲ ਸੰਪਰਕ ਨਹੀਂ ਕਰ ਸਕਣਗੇ। ਉਹ ਮੀਡੀਆ ਜਾਂ ਜਨਤਕ ਇਕੱਠ ਨੂੰ ਸੰਬੋਧਨ ਨਹੀਂ ਕਰ ਸਕਣਗੇ।
ਪਰਿਵਾਰਕ ਮੈਂਬਰਾਂ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਨੂੰ ਨਾਲ ਮਿਲਣ ਦੀ ਵੀ ਪਾਬੰਦੀ ਹੈ। ਇਸ ਦੇ ਇਲਾਵਾ ਪ੍ਰਿੰਟ, ਸੋਸ਼ਲ ਜਾਂ ਇਲੈਕਟ੍ਰਾਨਿਕ ਮੀਡੀਆ ਨਾਲ ਕੋਈ ਲੈਣ-ਦੇਣ ਜਾਂ ਸੰਪਰਕ ਨਹੀਂ ਹੋਵੇਗਾ। ਇਸ ਦੇ ਇਲਾਵਾ ਕੁਝ ਹੋਰ ਸ਼ਰਤਾਂ ਵੀ ਦੱਸੀਆਂ ਗਈਆਂ ਹਨ।
ਅਦਾਲਤੀ ਦਸਤਾਵੇਜ਼ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ, ਹਾਲਾਂਕਿ, ਸੂਬਾ ਸਰਕਾਰ ਨੇ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ, ਸੂਬੇ ਦੀ ਸੁਰੱਖਿਆ ਅਤੇ ਜਨਤਕ ਵਿਵਸਥਾ ਬਣਾਈ ਰੱਖਣ ਦੇ ਆਧਾਰ 'ਤੇ ਮੁਲਜ਼ਮ ਦੀ ਅੰਤਰਿਮ ਜ਼ਮਾਨਤ ਦੀ ਅਰਜ਼ੀ ਦਾ ਵਿਰੋਧ ਕੀਤਾ ਹੈ। ਪਰ ਨਾਲ ਹੀ ਅਦਾਲਤ ਨੂੰ ਬੇਨਤੀ ਕੀਤੀ ਕਿ ਜੇਕਰ ਮੁਲਜ਼ਮ ਨੂੰ ਉਸ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਹਿਰਾਸਤ ਵਿੱਚ ਰਹਿੰਦਿਆਂ ਜਾਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਉਸ 'ਤੇ ਢੁੱਕਵੀਆਂ ਸ਼ਰਤਾਂ ਲਗਾਈਆਂ ਜਾਣ।
ਅਜਨਾਲਾ ਥਾਣੇ ਬਾਹਰ ਹਿੰਸਾ ਦਾ ਮਾਮਲਾ ਕੀ ਹੈ
23 ਫਰਵਰੀ 2023 ਨੂੰ ਅਮ੍ਰਿਤਪਾਲ ਸਿੰਘ ਨੇ ਆਪਣੇ ਹਮਾਇਤੀਆਂ ਦੇ ਨਾਲ ਪਿੰਡ ਜੱਲੂਪੁਰ ਖੇੜਾ ਤੋਂ ਮਾਰਚ ਨੂੰ ਸ਼ੁਰੂ ਕੀਤਾ ਸੀ।
ਉਨ੍ਹਾਂ ਦੇ ਮਾਰਚ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਤੇ ਪੰਜ ਪਿਆਰੇ ਨਾਲ ਸਨ। ਉਨ੍ਹਾਂ ਦੇ ਪਿੱਛੇ ਅਮ੍ਰਿਤਪਾਲ ਸਨ। ਪੁਲਿਸ ਵੱਲੋਂ ਸਖ਼ਤ ਬੰਦੋਬਸਤ ਕੀਤੇ ਗਏ ਸਨ।
15 ਫ਼ਰਵਰੀ 2023 ਨੂੰ ਅੰਮ੍ਰਿਤਸਰ ਵਿੱਚ ਇੱਕ ਧਾਰਮਿਕ ਸਮਾਗਮ ਵਿੱਚ ਹਿੱਸਾ ਲੈਣ ਗਏ ਇੱਕ ਵਿਅਕਤੀ ਵਰਿੰਦਰ ਸਿੰਘ ਦੀ ਕਥਿਤ ਤੌਰ ਉੱਤੇ ਕੁੱਟਮਾਰ ਹੋਈ ਸੀ।
ਵਰਿੰਦਰ ਦੀ ਸ਼ਿਕਾਇਤ 'ਤੇ ਅਜਨਾਲਾ ਪੁਲਿਸ ਨੇ ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਕੁਝ ਸਾਥੀਆਂ ਖ਼ਿਲਾਫ਼ ਕੁੱਟਮਾਰ ਅਤੇ ਲੁੱਟਖੋਹ ਦਾ ਪਰਚਾ ਦਰਜ ਕੀਤਾ।
22 ਫ਼ਰਵਰੀ ਨੂੰ ਅਮ੍ਰਿਤਪਾਲ ਸਿੰਘ ਨੇ ਇੱਕ ਪ੍ਰੈਸ ਵਾਰਤਾ ਵਿੱਚ ਕਿਹਾ ਸੀ ਕਿ ਜੇ ਗ੍ਰਿਫ਼ਤਾਰ ਕੀਤੇ ਗਏ ਉਨ੍ਹਾਂ ਦੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਉਹ 23 ਫ਼ਰਵਰੀ ਨੂੰ ਆਪਣੇ ਸਾਥੀਆਂ ਸਮੇਤ ਅਜਨਾਲਾ ਥਾਣੇ ਪਹੁੰਚ ਕੇ ਗ੍ਰਿਫ਼ਤਾਰੀ ਦੇਣਗੇ।
ਕਦੋਂ ਹੋਈ ਸੀ ਗ੍ਰਿਫ਼ਤਾਰੀ
ਅਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਹਨ, ਉਹ ਸਿੱਖਾਂ ਲਈ ਖੁਦਮੁਖਤਿਆਰ ਰਾਜ (ਖਾਲਿਸਤਾਨ) ਦੀ ਪ੍ਰਾਪਤੀ ਨੂੰ ਆਪਣਾ ਨਿਸ਼ਾਨਾ ਦੱਸਦੇ ਹਨ।
ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਫੜ੍ਹਨ ਲਈ ਪੰਜਾਬ ਪੁਲਿਸ ਵੱਲੋਂ 18 ਮਾਰਚ ਤੋਂ ਮੁਹਿੰਮ ਸ਼ੁਰੂ ਕੀਤੀ ਗਈ ਸੀ ਜੋ 36 ਦਿਨਾਂ ਤੱਕ ਚੱਲੀ।
ਅਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਅਤੇ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੀ ਇੱਕ ਸਾਂਝੀ ਟੀਮ ਨੇ ਜ਼ਿਲ੍ਹਾ ਮੋਗਾ ਵਿੱਚ ਪੈਂਦੇ ਪਿੰਡ ਰੋਡੇ ਤੋਂ 23 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤਾ ਸੀ।
ਐਤਵਾਰ ਸਵੇਰੇ ਰੋਡੇ ਪਿੰਡ ਤੋਂ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ ਨੇ ਇੱਕ ਵੀਡੀਓ ਜਾਰੀ ਕਰਕੇ 6.45 ਉੱਤੇ ਅਮ੍ਰਿਤਪਾਲ ਵਲੋਂ ਆਤਮ-ਸਮਰਪਣ ਦੀ ਖ਼ਬਰ ਸਾਂਝੀ ਕੀਤੀ ਸੀ।
ਇਸ ਵੀਡੀਓ ਵਿੱਚ ਅਮ੍ਰਿਤਪਾਲ ਸਿੰਘ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੁੰਦੇ ਦਿਖ ਰਹੇ ਸਨ। ਉਨ੍ਹਾਂ 4-5 ਮਿੰਟ ਲ਼ਈ ਹਾਜ਼ਰ ਸੰਗਤਾਂ ਨੂੰ ਸੰਬੋਧਨ ਕੀਤਾ। ਇਸ ਤੋਂ ਬਾਅਦ ਉਹ ਗੁਰਦੁਆਰੇ ਦੇ ਬਾਹਰ ਖੜ੍ਹੀ ਪੁਲਿਸ ਨਾਲ ਗੱਡੀ ਵਿੱਚ ਬੈਠ ਕੇ ਚਲੇ ਗਏ।
ਜਿਸ ਤੋਂ ਬਾਅਦ ਉਸੇ ਦਿਨ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਗਿਆ, ਕਿਉਂਕਿ ਉਨ੍ਹਾਂ ਉੱਤੇ ਐੱਨਐੱਸਏ ਪਹਿਲਾਂ ਹੀ ਲੱਗ ਚੁੱਕਿਆ ਸੀ। ਇਸ ਜੇਲ੍ਹ ਵਿੱਚ ਉਨ੍ਹਾਂ ਦੇ 9 ਸਾਥੀ ਪਹਿਲਾਂ ਹੀ ਬੰਦ ਸਨ।
ਕਦੋਂ ਖਤਮ ਹੋਇਆ ਅਮ੍ਰਿਤਪਾਲ 'ਤੇ ਲੱਗਿਆ ਐੱਨਐੱਸਏ
ਪੰਜਾਬ ਸਰਕਾਰ ਵੱਲੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਖਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਸਾਲ 2023 ਵਿੱਚ ਲਗਾਇਆ ਗਿਆ ਸੀ ਜਿਸ ਨੂੰ ਸਾਲ 2024 ਵਿੱਚ ਇੱਕ ਸਾਲ ਲਈ ਵਧਾ ਦਿੱਤਾ ਗਿਆ ਸੀ।
ਫਿਰ ਸਾਲ 2025 ਵਿੱਚ ਵੀ ਇਸ ਨੂੰ ਇੱਕ ਹੋਰ ਸਾਲ ਲਈ ਵਧਾ ਦਿੱਤਾ ਗਿਆ ਸੀ।
ਅਮ੍ਰਿਤਪਾਲ ਸਿੰਘ ਉੱਤੇ ਐੱਨਐੱਸਏ 22 ਅਪ੍ਰੈਲ ਨੂੰ ਖ਼ਤਮ ਹੋਇਆ ਸੀ, ਇਸ ਮਗਰੋਂ ਪੰਜਾਬ ਪੁਲਿਸ ਦੀ ਟੀਮ ਅਸਾਮ ਗਈ, ਗ੍ਰਿਫ਼ਤਾਰੀ ਮਗਰੋਂ ਵੀ ਸੁਰੱਖਿਆ ਅਤੇ ਹੋਰ ਕਾਰਨਾਂ ਦਾ ਹਵਾਲਾ ਦੇ ਕੇ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰੱਖਿਆ ਗਿਆ ਹੈ।
ਐੱਨਐੱਸਏ ਹਟਾਏ ਜਾਣ ਤੋਂ ਬਾਅਦ ਅਮ੍ਰਿਤਪਾਲ ਸਿੰਘ 'ਤੇ ਪੰਜਾਬ 'ਚ ਦਰਜ ਕਰੀਬ 12 ਕੇਸ ਹਨ।
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ