ਸੰਗਰੂਰ ਸੜਕ ਹਾਦਸਾ: 'ਅਸੀਂ 2 ਲੱਖ ਰੁਪਏ ਦਾ ਕੀ ਕਰਾਂਗੇ, ਸਾਡੇ ਤਾਂ ਪਰਿਵਾਰ ਉੱਜੜ ਗਏ, ਕੀ ਬੱਚਿਆਂ ਦੀਆਂ ਮਾਵਾਂ ਵਾਪਿਸ ਆ ਜਾਣਗੀਆਂ?'

ਪੀੜਤ ਪਰਿਵਾਰ
ਤਸਵੀਰ ਕੈਪਸ਼ਨ, ਹਾਦਸੇ ਦੇ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮੰਗਾਂ ਨੂੰ ਲੈ ਕੇ ਧਰਨਾ ਲਾਇਆ
    • ਲੇਖਕ, ਕੁਲਵੀਰ ਸਿੰਘ ਅਤੇ ਚਰਨਜੀਵ ਕੌਸ਼ਲ
    • ਰੋਲ, ਬੀਬੀਸੀ ਸਹਿਯੋਗੀ
  • ਪ੍ਰਕਾਸ਼ਿਤ
  • ਪੜ੍ਹਨ ਦਾ ਸਮਾਂ: 11 ਮਿੰਟ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਲਹਿਰਾਗਾਗਾ-ਜਾਖਲ ਰੋਡ 'ਤੇ ਹੋਏ ਸੜਕ ਹਾਦਸੇ ਵਿੱਚ ਮਾਰੇ ਗਏ ਮਜ਼ਦੂਰਾਂ ਦੇ ਪਰਿਵਾਰਾਂ ਅਤੇ ਪਿੰਡ ਵਾਸੀਆਂ ਨੇ ਹਾਦਸੇ ਵਾਲੀ ਥਾਂ 'ਤੇ ਧਰਨਾ ਲਗਾ ਦਿੱਤਾ ਹੈ।

ਪੀੜਤ ਪਰਿਵਾਰਾਂ ਨੇ ਸਰਕਾਰ ਵੱਲੋਂ ਐਲਾਨੇ ਦੋ-ਦੋ ਲੱਖ ਰੁਪਏ ਦੇ ਮੁਆਵਜ਼ੇ ਨੂੰ ਨਾਕਾਫ਼ੀ ਦੱਸਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਲਈ 50 ਲੱਖ ਰੁਪਏ ਮੁਆਵਜ਼ਾ ਅਤੇ ਇੱਕ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਖ਼ਮੀਆਂ ਦੇ ਪਰਿਵਾਰਾਂ ਲਈ 20 ਲੱਖ ਰੁਪਏ ਮੁਆਵਜ਼ੇ ਦੀ ਮੰਗ ਵੀ ਰੱਖੀ ਹੈ।

ਪ੍ਰਦਰਸ਼ਨਕਾਰੀਆਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਮ੍ਰਿਤਕਾਂ ਦਾ ਸਸਕਾਰ ਨਹੀਂ ਕੀਤਾ ਜਾਵੇਗਾ।

ਹਾਲਾਂਕਿ, ਉੱਧਰ ਥਾਣਾ ਲਹਿਰਾ ਦੀ ਪੁਲਿਸ ਨੇ ਕਾਰ ਚਾਲਕ ਨੂੰ ਬੀਐੱਨਐੱਸ 105 ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਪੀੜਤਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਐਤਵਾਰ ਸ਼ਾਮ ਲਹਿਰਾਗਾਗਾ-ਜਾਖਲ ਰੋਡ 'ਤੇ ਪਿੰਡ ਅਲੀਸ਼ੇਰ ਨੇੜੇ ਮਨਰੇਗਾ ਤਹਿਤ ਕੰਮ ਕਰ ਰਹੇ ਮਜ਼ਦੂਰਾਂ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਆਪਣੀ ਲਪੇਟ ਵਿੱਚ ਲੈ ਲਿਆ ਸੀ। ਇਸ ਹਾਦਸੇ ਵਿੱਚ ਕਈ ਮਜ਼ਦੂਰਾਂ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖ਼ਮੀ ਹੋ ਗਏ ਸਨ।

ਹਾਦਸੇ ਦੌਰਾਨ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚ 6 ਔਰਤਾਂ ਸ਼ਾਮਲ ਸਨ।

ਇੱਥੇ ਦੱਸ ਦਈਏ ਕਿ ਮਨਰੇਗਾ ਯੋਜਨਾ ਦਾ ਨਾਂ ਬਦਲ ਕੇ ਹੁਣ 'ਵਿਕਸਿਤ ਭਾਰਤ–ਰੁਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ)' (ਵੀਬੀ, ਜੀ ਰਾਮ ਜੀ) ਕਰ ਦਿੱਤਾ ਹੈ।

ਧਰਨੇ ਦੌਰਾਨ ਮ੍ਰਿਤਕਾਂ ਦੇ ਪਰਿਵਾਰਾਂ ਨੇ ਕਿਹਾ ਕਿ ਇਸ ਹਾਦਸੇ ਨੇ ਉਨ੍ਹਾਂ ਦੇ ਪਰਿਵਾਰ ਉਜਾੜ ਦਿੱਤੇ ਹਨ।

ਉਨ੍ਹਾਂ ਮੁਤਾਬਕ, ਮ੍ਰਿਤਕਾਂ ਵਿੱਚ ਅਜਿਹੇ ਲੋਕ ਵੀ ਸਨ ਜਿਨ੍ਹਾਂ ਦੇ ਛੋਟੇ-ਛੋਟੇ ਬੱਚੇ ਹਨ ਅਤੇ ਹੁਣ ਉਨ੍ਹਾਂ ਦੇ ਪਾਲਣ-ਪੋਸ਼ਣ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ? ਉਹ ਮਜ਼ਦੂਰੀ ਕਰਕੇ ਆਪਣੇ ਘਰਾਂ ਦਾ ਗੁਜ਼ਾਰਾ ਚਲਾਉਂਦੇ ਸਨ।

ਧਰਨੇ 'ਤੇ ਬੈਠੇ ਲੋਕਾਂ ਦੀਆਂ ਮੰਗਾਂ

ਬਿਕਰ ਸਿੰਘ
ਤਸਵੀਰ ਕੈਪਸ਼ਨ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿਕਰਮ ਸਿੰਘ ਆਧੋਆ ਨੇ ਦੱਸਿਆ ਕਿ ਸਰਕਾਰਾਂ ਨੂੰ ਕੋਈ ਠੋਸ ਹੱਲ ਕੱਢਣਾ ਚਾਹੀਦਾ ਹੈ

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿਕਰਮ ਸਿੰਘ ਆਧੋਆ ਨੇ ਦੱਸਿਆ ਕਿ ਪੀੜਤ ਪਰਿਵਾਰਾਂ ਦੀਆਂ ਮੰਗਾਂ ਨੂੰ ਲੈ ਕੇ ਉਨ੍ਹਾਂ ਨੇ ਸੰਗਰੂਰ ਦੇ ਏਡੀਸੀ, ਐੱਸਪੀ ਅਤੇ ਲਹਿਰਾਗਾਗਾ ਦੇ ਐੱਸਡੀਐੱਮ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਆਪਣੀਆਂ ਮੰਗਾਂ ਪ੍ਰਸ਼ਾਸਨ ਅੱਗੇ ਰੱਖੀਆਂ ਹਨ।

ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ, ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਲਈ 20-20 ਲੱਖ ਰੁਪਏ ਮੁਆਵਜ਼ੇ ਦੀ ਮੰਗ ਵੀ ਰੱਖੀ ਗਈ ਹੈ।

ਬਿਕਰਮ ਸਿੰਘ ਨੇ ਕਿਹਾ, "ਪ੍ਰਸ਼ਾਸਨਿਕ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਮੰਗਾਂ ਸਰਕਾਰ ਤੱਕ ਪਹੁੰਚਾਈਆਂ ਜਾਣਗੀਆਂ। ਅਸੀਂ ਪ੍ਰਸ਼ਾਸਨ ਨੂੰ ਕਿਹਾ ਹੈ ਕਿ ਸਰਕਾਰ ਜਾਂ ਪ੍ਰਸ਼ਾਸਨ ਦਾ ਕੋਈ ਸਮਰੱਥ ਅਧਿਕਾਰੀ, ਜੋ ਇਨ੍ਹਾਂ ਮੰਗਾਂ ਨੂੰ ਪੂਰਾ ਕਰਵਾ ਸਕਦਾ ਹੋਵੇ, ਉਹੀ ਪੀੜਤ ਪਰਿਵਾਰਾਂ ਅਤੇ ਜਥੇਬੰਦੀਆਂ ਨਾਲ ਬੈਠ ਕੇ ਗੱਲਬਾਤ ਕਰੇ।"

"ਜਦੋਂ ਤੱਕ ਅਜਿਹੀ ਗੱਲਬਾਤ ਨਹੀਂ ਹੁੰਦੀ ਅਤੇ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਦਾ, ਉਦੋਂ ਤੱਕ ਅਗਲੀ ਕਾਰਵਾਈ ਬਾਰੇ ਫ਼ੈਸਲਾ ਨਹੀਂ ਕੀਤਾ ਜਾਵੇਗਾ।"

'ਸਾਡੇ ਪਰਿਵਾਰ ਉੱਜੜ ਗਏ, ਦੋ ਲੱਖ ਰੁਪਏ ਨਾਲ ਬੱਚਿਆਂ ਦਾ ਪਾਲਣ-ਪੋਸ਼ਣ ਕਿਵੇਂ ਹੋਵੇਗਾ?'

ਸੁਖਪਾਲ ਕੌਰ
ਤਸਵੀਰ ਕੈਪਸ਼ਨ, ਹਾਦਸੇ ਵਿੱਚ ਸੁਖਪਾਲ ਕੌਰ ਦੇ ਦਿਓਰ ਦੀ ਮੌਤ ਹੋ ਗਈ, ਜਿਸ ਦੇ ਛੋਟੇ-ਛੋਟੇ ਬੱਚੇ ਹਨ

ਹਾਦਸੇ ਵਿੱਚ ਆਪਣੇ ਪਰਿਵਾਰ ਦੇ ਚਾਰ ਜੀਆਂ ਨੂੰ ਗੁਆਉਣ ਵਾਲੀ ਸ਼ਿੰਦਰ ਕੌਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਇਸ ਹਾਦਸੇ ਨੇ ਉਨ੍ਹਾਂ ਦੇ ਪਰਿਵਾਰ ਨੂੰ ਪੂਰੀ ਤਰ੍ਹਾਂ ਉਜਾੜ ਦਿੱਤਾ ਹੈ।

ਉਨ੍ਹਾਂ ਨੇ ਕਿਹਾ, "ਮ੍ਰਿਤਕਾਂ ਦੇ ਪਿੱਛੇ 9 ਤੋਂ 13 ਸਾਲ ਦੀ ਉਮਰ ਦੇ ਛੋਟੇ ਬੱਚੇ ਰਹਿ ਗਏ ਹਨ, ਜਿਨ੍ਹਾਂ ਦੇ ਪਾਲਣ-ਪੋਸ਼ਣ ਅਤੇ ਪੜ੍ਹਾਈ ਦੀ ਜ਼ਿੰਮੇਵਾਰੀ ਹੁਣ ਵੱਡਾ ਸਵਾਲ ਬਣ ਗਈ ਹੈ। ਸਾਰੇ ਪਰਿਵਾਰ ਦਿਹਾੜੀ-ਮਜ਼ਦੂਰੀ ਕਰਕੇ ਗੁਜ਼ਾਰਾ ਕਰਦੇ ਸਨ ਅਤੇ ਕਮਾਉਣ ਵਾਲਿਆਂ ਦੇ ਚਲੇ ਜਾਣ ਨਾਲ ਬੱਚਿਆਂ ਦਾ ਭਵਿੱਖ ਅਨਿਸ਼ਚਿਤ ਹੋ ਗਿਆ ਹੈ।"

ਸ਼ਿੰਦਰ ਕੌਰ ਨੇ ਕਿਹਾ, "ਦੋ ਲੱਖ ਰੁਪਏ ਨਾਲ ਅਸੀਂ ਕੀ ਕਰਾਂਗੇ? ਜਿਹੜੀਆਂ ਮਾਵਾਂ ਬੱਚਿਆਂ ਨੂੰ ਰੋਟੀ ਪਕਾ ਕੇ ਖਵਾਉਂਦੀਆਂ ਸਨ, ਨਵਾਉਂਦੀਆਂ ਸਨ ਅਤੇ ਸਕੂਲ ਭੇਜਦੀਆਂ ਸਨ, ਕੀ ਉਹ ਵਾਪਸ ਆ ਜਾਣਗੀਆਂ?''

ਉਨ੍ਹਾਂ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਧਰਨਾ ਜਾਰੀ ਰਹੇਗਾ।

ਹਾਦਸੇ ਵਿੱਚ ਆਪਣੇ ਦਿਓਰ ਨੂੰ ਗੁਆਉਣ ਵਾਲੀ ਸੁਖਪਾਲ ਨੇ ਦੱਸਿਆ ਕਿ ਪਰਿਵਾਰ ਵਿੱਚ 11 ਅਤੇ 14 ਸਾਲ ਦੀਆਂ ਦੋ ਬੱਚੀਆਂ ਹਨ, ਜਿਨ੍ਹਾਂ ਦੇ ਭਵਿੱਖ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ।

ਉਨ੍ਹਾਂ ਨੇ ਕਿਹਾ, "ਦਿਹਾੜੀ-ਮਜ਼ਦੂਰੀ ਨਾਲ ਗੁਜ਼ਾਰਾ ਕਰਨ ਵਾਲੇ ਪਰਿਵਾਰ ਲਈ ਹੁਣ ਘਰ ਦੀਆਂ ਜ਼ਿੰਮੇਵਾਰੀਆਂ ਨਿਭਾਉਣਾ ਔਖਾ ਹੋ ਗਿਆ ਹੈ। ਉਨ੍ਹਾਂ ਸਰਕਾਰ ਨੂੰ ਬੱਚੀਆਂ ਦੇ ਭਵਿੱਖ ਲਈ ਢੁੱਕਵੇਂ ਪ੍ਰਬੰਧ ਕਰਨ ਦੀ ਅਪੀਲ ਕੀਤੀ।"

ਉੱਧਰ, ਆਪਣੇ ਤਾਏ ਦੀਆਂ ਧੀਆਂ ਕਰਮਜੀਤ ਅਤੇ ਸਰਬੀ ਨੂੰ ਗੁਆਉਣ ਵਾਲੇ ਸਲੀਮ ਖ਼ਾਨ ਨੇ ਦੱਸਿਆ ਕਿ ਸਰਬੀ ਦੀ ਚਾਰ ਸਾਲ ਦੀ ਧੀ ਹੈ, ਜਦਕਿ ਕਰਮਜੀਤ ਦੇ ਦੋ ਪੁੱਤਰ ਹਨ।

ਉਨ੍ਹਾਂ ਕਿਹਾ ਕਿ ਮਾਂ ਦੀ ਘਾਟ ਬੱਚਿਆਂ ਦੀ ਜ਼ਿੰਦਗੀ 'ਤੇ ਡੂੰਘਾ ਅਸਰ ਪਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਹਾਦਸੇ ਵਿੱਚ ਜ਼ਖ਼ਮੀ ਹੋਏ ਅਤੇ ਕੰਮ ਕਰਨ ਤੋਂ ਅਸਮਰੱਥ ਮਜ਼ਦੂਰਾਂ ਲਈ ਆਰਥਿਕ ਸਹਾਇਤਾ ਤੇ ਰੁਜ਼ਗਾਰ ਦੇ ਪ੍ਰਬੰਧ ਦੀ ਮੰਗ ਕੀਤੀ, ਤਾਂ ਜੋ ਉਹ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾ ਸਕਣ।

ਪੀੜਤਾਂ ਦਾ ਹਾਲ ਜਾਣਨ ਪਹੁੰਚੇ ਵਿੱਤ ਮੰਤਰੀ ਚੀਮਾ ਨੇ ਕੀ ਕਿਹਾ

ਹਰਪਾਲ ਸਿੰਘ ਚੀਮਾ
ਤਸਵੀਰ ਕੈਪਸ਼ਨ, ਵਿੱਚ ਮੰਤਰੀ ਹਰਪਾਲ ਚੀਮਾ ਨੇ ਸੰਗਰੂਰ ਦੇ ਸਿਵਲ ਹਸਪਤਾਲ ਪਹੁੰਚ ਕੇ ਪੀੜਤਾਂ ਦਾ ਹਾਲ ਜਾਣਿਆ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਹਾਦਸੇ ਵਿੱਚ ਜਖ਼ਮੀ ਮਜ਼ਦੂਰਾਂ ਦਾ ਹਾਲ ਜਾਣਨ ਲਈ ਸੰਗਰੂਰ ਦੇ ਸਿਵਲ ਹਸਪਤਾਲ ਪਹੁੰਚੇ ਸਨ। ਉਨ੍ਹਾਂ ਨਾਲ ਕੈਬਨਿਟ ਮੰਤਰੀ ਵਰਿੰਦਰ ਗੋਇਲ ਵੀ ਮੌਜੂਦ ਸਨ।

ਚੀਮਾ ਨੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਬੇਹੱਦ ਦੁਖਦਾਈ ਘਟਨਾ ਹੈ, ਕਿਉਂਕਿ ਮ੍ਰਿਤਕ ਅਤੇ ਜ਼ਖ਼ਮੀ ਗ਼ਰੀਬ ਪਰਿਵਾਰਾਂ ਨਾਲ ਸਬੰਧਤ ਹਨ, ਜੋ ਦਿਹਾੜੀ ਕਰ ਕੇ ਆਪਣੇ ਘਰ ਚਲਾਉਂਦੇ ਹਨ।

ਉਨ੍ਹਾਂ ਕਿਹਾ, "ਪੰਜਾਬ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ ਅਤੇ ਜ਼ਖ਼ਮੀਆਂ ਦੇ ਇਲਾਜ ਦਾ ਸਾਰਾ ਖ਼ਰਚਾ ਸਰਕਾਰ ਚੁੱਕੇਗੀ।"

"ਜੇਕਰ ਡਿਊਟੀ 'ਤੇ ਤੈਨਾਤ ਕਿਸੇ ਸੀਨੀਅਰ ਅਧਿਕਾਰੀ ਵੱਲੋਂ ਕੋਤਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਦੋਸ਼ੀ ਪਾਏ ਜਾਣ ਵਾਲਿਆਂ ਨੂੰ ਕਾਨੂੰਨ ਮੁਤਾਬਕ ਸਜ਼ਾ ਦਿੱਤੀ ਜਾਵੇਗੀ।"

ਹਾਦਸੇ ਵਾਲੇ ਦਿਨ ਕੀ ਹੋਇਆ

ਸੜਕ ਹਾਦਸਾ
ਤਸਵੀਰ ਕੈਪਸ਼ਨ, ਹਾਦਸੇ ਵਿੱਚ ਕਰੀਬ 8 ਲੋਕਾਂ ਦੀ ਮੌਤ ਹੋ ਗਈ ਹੈ

ਦਰਅਸਲ ਐਤਵਾਰ ਦੁਪਹਿਰ ਨੂੰ ਸੰਗਰੂਰ ਵਿੱਚ ਸੜਕ ਕੰਢੇ ਬੈਠੇ ਮਨਰੇਗਾ ਮਜ਼ਦੂਰਾਂ ਉੱਤੇ ਇੱਕ ਕਾਰ ਚੜ੍ਹ ਗਈ ਸੀ। ਜਿਸ ਵਿੱਚ 8 ਲੋਕਾਂ ਦੀ ਮੌਤ ਹੋ ਗਈ ਤੇ ਬਾਕੀ 15 ਦੇ ਕਰੀਬ ਮਜ਼ਦੂਰ ਜ਼ਖ਼ਮੀ ਹੋ ਗਏ।

ਹਾਦਸੇ ਬਾਰੇ ਸੰਗਰੂਰ ਦੇ ਐੱਸਪੀ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਸੀ, "ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਤਹਿਤ ਕੰਮ ਕਰ ਰਹੇ ਮਜ਼ਦੂਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।''

"ਅਸੀਂ ਪਿੰਡ ਵਾਸੀਆਂ ਅਤੇ ਹੋਰ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕਾਂ ਦੀਆਂ ਦੇਹਾਂ ਨੂੰ ਪਹਿਲਾਂ ਮੋਰਚਰੀ ਵਿੱਚ ਲੈ ਕੇ ਜਾਣ ਦਿੱਤਾ ਜਾਵੇ। ਇਸ ਤੋਂ ਬਾਅਦ ਬਿਆਨ ਦਰਜ ਕਰਕੇ ਪਿੰਡ ਦੇ ਮੋਹਤਬਰ ਵਿਅਕਤੀਆਂ ਦੇ ਸਹਿਯੋਗ ਨਾਲ ਬਣਦੀ ਐੱਫਆਈਆਰ ਦਰਜ ਕੀਤੀ ਜਾਵੇਗੀ। ਪੂਰੀ ਜਾਂਚ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ ਅਤੇ ਦੋਸ਼ੀ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਈ ਜਾਵੇਗੀ।"

ਐੱਸਪੀ ਪਲਵਿੰਦਰ ਸਿੰਘ ਚੀਮਾ
ਤਸਵੀਰ ਕੈਪਸ਼ਨ, ਐੱਸਪੀ ਪਲਵਿੰਦਰ ਸਿੰਘ ਚੀਮਾ ਮੁਤਾਬਕ, ਮੁੱਢਲੀ ਜਾਣਕਾਰੀ ਅਨੁਸਾਰ, ਹਾਦਸੇ ਸਮੇਂ ਮੌਕੇ 'ਤੇ ਕਰੀਬ 24 ਤੋਂ 25 ਮਜ਼ਦੂਰ ਕੰਮ ਕਰ ਰਹੇ ਸਨ

ਐੱਸਪੀ ਚੀਮਾ ਨੇ ਕਿਹਾ ਸੀ, "ਮੁੱਢਲੀ ਜਾਣਕਾਰੀ ਅਨੁਸਾਰ, ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਅਸੀਂ ਉਸ ਦੀ ਭਾਲ ਕਰ ਰਹੇ ਹਾਂ। ਸਾਡੀ ਸੀਆਈ ਟੀਮ ਇਸ ਮਾਮਲੇ ਵਿੱਚ ਲੱਗੀ ਹੋਈ ਹੈ। ਮੁਲਜ਼ਮ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।"

ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਛੇ ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਹਨ। ਮ੍ਰਿਤਕਾਂ ਦੀ ਪਛਾਣ ਕਰਮਜੀਤ ਕੌਰ, ਨਿੱਕੀ, ਸਰਬਜੀਤ ਕੌਰ, ਰਣਜੀਤ ਕੌਰ, ਕਰਮਜੀਤ, ਰਾਣੀ ਕੌਰ, ਦੇਸ ਰਾਜ ਅਤੇ ਜੀਵਨ ਸਿੰਘ ਦੱਸੀ ਗਈ ਹੈ। ਸਾਰੇ ਮ੍ਰਿਤਕ ਪਿੰਡ ਅਲੀਸ਼ੇਰ ਦੇ ਵਸਨੀਕ ਦੱਸੇ ਗਏ ਹਨ।

ਸਿਵਲ ਸਰਜਨ ਨੇ ਹਾਲਾਤਾਂ ਬਾਰੇ ਕੀ ਦੱਸਿਆ ਸੀ

ਸੰਗਰੂਰ ਦੀ ਸਿਵਲ ਸਰਜਨ ਡਾ. ਅਮਰਜੀਤ ਕੌਰ
ਤਸਵੀਰ ਕੈਪਸ਼ਨ, ਸੰਗਰੂਰ ਦੀ ਸਿਵਲ ਸਰਜਨ ਡਾ. ਅਮਰਜੀਤ ਕੌਰ ਨੇ ਹਾਲਾਤ ਬਾਰੇ ਜਾਣਕਾਰੀ ਦਿੱਤੀ

ਸੰਗਰੂਰ ਦੀ ਸਿਵਲ ਸਰਜਨ ਡਾ. ਅਮਰਜੀਤ ਕੌਰ ਨੇ ਦੱਸਿਆ ਸੀ ਕਿ ਲਹਿਰਾਗਾਗਾ ਨੇੜੇ ਵਾਪਰੇ ਸੜਕ ਹਾਦਸੇ ਤੋਂ ਬਾਅਦ ਕੁੱਲ 15 ਮਰੀਜ਼ ਲਹਿਰਾਗਾਗਾ ਦੇ ਸਿਵਲ ਹਸਪਤਾਲ ਵਿੱਚ ਲਿਆਂਦੇ ਗਏ ਸਨ। ਇਨ੍ਹਾਂ ਵਿੱਚੋਂ ਦੋ ਮਰੀਜ਼ਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ, ਜਦਕਿ ਬਾਕੀ 13 ਮਰੀਜ਼ਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਸੰਗਰੂਰ ਰੈਫ਼ਰ ਕੀਤਾ ਗਿਆ।

ਹਾਦਸੇ ਵਾਲੀ ਥਾਂ 'ਤੇ ਐਂਬੂਲੈਂਸ ਦੇਰੀ ਨਾਲ ਪਹੁੰਚਣ ਦੇ ਇਲਜ਼ਾਮਾਂ ਸਬੰਧੀ ਪਿੰਡ ਵਾਸੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਬਾਰੇ ਡਾ. ਅਮਰਜੀਤ ਕੌਰ ਨੇ ਕਿਹਾ ਸੀ ਕਿ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਲਿਆਂਦੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਇਸ ਘਟਨਾ ਬਾਰੇ ਸੂਚਿਤ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਲਹਿਰਾਗਾਗਾ ਵਿੱਚ ਇੱਕ ਐਂਬੂਲੈਂਸ ਅਤੇ 108 ਐਂਬੂਲੈਂਸ ਦੀ ਸਹੂਲਤ ਮੌਜੂਦ ਹੈ। ਮਰੀਜ਼ਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਉਨ੍ਹਾਂ ਨੇ ਮੂਨਕ, ਸੁਨਾਮ ਅਤੇ ਹੋਰ ਨੇੜਲੇ ਸਟੇਸ਼ਨਾਂ ਤੋਂ ਤਿੰਨ ਵਾਧੂ ਐਂਬੂਲੈਂਸਾਂ ਡਾਕਟਰੀ ਸਟਾਫ਼ ਸਣੇ ਭੇਜੀਆਂ ਸਨ ਅਤੇ 108 ਸੇਵਾ ਨੂੰ ਵੀ ਸੂਚਿਤ ਕੀਤਾ ਗਿਆ ਸੀ।

ਹਾਲਾਂਕਿ, ਐਂਬੂਲੈਂਸ ਦੇ ਡੇਢ ਘੰਟਾ ਦੇਰੀ ਨਾਲ ਪਹੁੰਚਣ ਦੇ ਇਲਜ਼ਾਮਾਂ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੁਤਾਬਕ ਇੰਨੀ ਦੇਰੀ ਹੋਣ ਦੀ ਸੰਭਾਵਨਾ ਨਹੀਂ ਹੈ। ਮਰੀਜ਼ਾਂ ਨੂੰ ਪਹਿਲਾਂ ਹੀ ਹਸਪਤਾਲਾਂ ਵਿੱਚ ਸ਼ਿਫ਼ਟ ਕੀਤਾ ਜਾ ਚੁੱਕਾ ਸੀ, ਜਦੋਂ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਮਿਲੀ।

ਹਸਪਤਾਲ ਵਿੱਚ ਮਰੀਜ਼ਾਂ ਨੂੰ ਕਥਿਤ ਤੌਰ 'ਤੇ ਹੋ ਰਹੀ ਪਰੇਸ਼ਾਨੀ ਅਤੇ ਮਾੜੇ ਵਿਹਾਰ ਸਬੰਧੀ ਸਵਾਲ 'ਤੇ ਸਿਵਲ ਸਰਜਨ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਮਰੀਜ਼ਾਂ ਦੇ ਇੱਕੋ ਸਮੇਂ ਪਹੁੰਚਣ ਕਾਰਨ ਐਮਰਜੈਂਸੀ ਵਿੱਚ ਪ੍ਰਬੰਧ ਕਰਨੇ ਪੈਂਦੇ ਹਨ, ਪਰ ਸਾਰੇ ਮਰੀਜ਼ਾਂ ਨੂੰ ਸੰਭਾਲਿਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਹਾਦਸੇ ਵਾਲੀ ਥਾਂ ਉੱਤੇ ਲਹਿਰਾਗਾਗਾ ਹਲਕੇ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਵਰਿੰਦਰ ਕੁਮਾਰ ਗੋਇਲ ਦੇ ਬੇਟੇ ਗੌਰਵ ਗੋਇਲ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਸਨ, ਜਿੱਥੇ ਮੌਜੂਦ ਲੋਕਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਸੀ।

ਲੋਕਾਂ ਨੇ ਨਾਅਰੇਬਾਜ਼ੀ ਕਰਦਿਆਂ ਗੌਰਵ ਗੋਇਲ ਨੂੰ ਵਾਪਸ ਜਾਣ ਲਈ ਕਿਹਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੌਕੇ ਤੋਂ ਪਰਤਣਾ ਪਿਆ। ਉਨ੍ਹਾਂ ਦੇ ਪਿੱਛੇ ਲੋਕਾਂ ਵੱਲੋਂ 'ਮੁਰਦਾਬਾਦ' ਦੇ ਨਾਅਰੇ ਵੀ ਲਗਾਏ ਗਏ।

ਚਸ਼ਮਦੀਦਾਂ ਨੇ ਕੀ ਦੱਸਿਆ ਸੀ

ਹਰਵਿੰਦਰ ਸਿੰਘ
ਤਸਵੀਰ ਕੈਪਸ਼ਨ, ਹਰਵਿੰਦਰ ਸਿੰਘ ਤੁਰੰਤ ਕਾਰਵਾਈ ਨਾ ਕਰਨ ਉੱਤੇ ਸਵਾਲ ਚੁੱਕਦੇ ਹਨ

ਮੌਕੇ 'ਤੇ ਮੌਜੂਦ ਹਰਵਿੰਦਰ ਸਿੰਘ ਉਰਫ਼ ਲਵੀ ਨੇ ਦੱਸਿਆ ਸੀ, "ਮੈਂ ਨੇੜੇ ਫੈਕਟਰੀ ਵਿੱਚ ਕੰਮ ਕਰਦਾ ਹਾਂ। ਹਾਦਸੇ ਵਾਲੀ ਥਾਂ ਸਾਡੀ ਫੈਕਟਰੀ ਤੋਂ ਕਰੀਬ ਤਿੰਨ-ਚਾਰ ਕਿਲੋਮੀਟਰ ਦੀ ਦੂਰੀ 'ਤੇ ਹੈ। ਜਦੋਂ ਮੈਨੂੰ ਇਸ ਹਾਦਸੇ ਬਾਰੇ ਪਤਾ ਲੱਗਿਆ ਅਤੇ ਮੈਂ ਮੌਕੇ 'ਤੇ ਪਹੁੰਚਿਆ ਤਾਂ ਉੱਥੇ ਮਨਰੇਗਾ ਤਹਿਤ ਕੰਮ ਕਰਨ ਵਾਲੇ ਮਜ਼ਦੂਰ ਜ਼ਖ਼ਮੀ ਹਾਲਤ ਵਿੱਚ ਪਏ ਸਨ।"

"ਘੱਟੋ-ਘੱਟ 22 ਤੋਂ 23 ਮਜ਼ਦੂਰ ਹਾਦਸੇ ਵਿੱਚ ਜ਼ਖ਼ਮੀ ਹੋਏ ਹਨ। ਉਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਬੇਹੱਦ ਗੰਭੀਰ ਸੀ। ਮੌਕੇ 'ਤੇ ਪੰਜ-ਛੇ ਲਾਸ਼ਾਂ ਪਈਆਂ ਸਨ ਅਤੇ ਕੁਝ ਜ਼ਖ਼ਮੀਆਂ ਦੇ ਸਾਹ ਚੱਲ ਰਹੇ ਸਨ। ਉਨ੍ਹਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਸੀ।"

ਉਨ੍ਹਾਂ ਨੇ ਅੱਗੇ ਦੱਸਿਆ ਸੀ, "ਅਸੀਂ ਐਂਬੂਲੈਂਸ ਨੂੰ ਫੋਨ ਕੀਤਾ, ਐਂਬੂਲੈਂਸ ਸਮੇਂ ਸਿਰ ਨਹੀਂ ਪਹੁੰਚੀ। ਜਦੋਂ ਲੋਕ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਸਨ, ਉਸ ਸਮੇਂ ਪ੍ਰਸ਼ਾਸਨ ਵੱਲੋਂ ਕਾਰਵਾਈ ਦੀ ਗੱਲ ਕੀਤੀ ਜਾ ਰਹੀ ਸੀ।"

"ਜੇਕਰ ਜ਼ਖ਼ਮੀਆਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਇਆ ਜਾਂਦਾ ਤਾਂ ਸ਼ਾਇਦ ਕੁਝ ਜਾਨਾਂ ਬਚਾਈਆਂ ਜਾ ਸਕਦੀਆਂ ਸਨ। ਆਖ਼ਰਕਾਰ, ਅਸੀਂ ਜ਼ਖ਼ਮੀਆਂ ਨੂੰ ਆਪਣੇ ਪੱਧਰ 'ਤੇ ਕੈਂਟਰਾਂ ਅਤੇ ਛੋਟੇ ਹਾਥੀਆਂ ਰਾਹੀਂ ਹਸਪਤਾਲ ਪਹੁੰਚਾਇਆ।"

ਸੁਰੇਸ਼ ਕੁਮਾਰ
ਤਸਵੀਰ ਕੈਪਸ਼ਨ, ਸੁਰੇਸ਼ ਮੁਤਾਬਕ ਲੋਕ ਸੜਕ ਕਿਨਾਰੇ ਥੋੜ੍ਹੀ ਦੇਰ ਲਈ ਬੈਠੇ ਸਨ

ਮੌਕੇ 'ਤੇ ਮੌਜੂਦ ਸੁਰੇਸ਼ ਕੁਮਾਰ ਨੇ ਦੱਸਿਆ ਸੀ, "ਮਨਰੇਗਾ ਤਹਿਤ ਕੰਮ ਕਰਨ ਵਾਲੇ ਮਜ਼ਦੂਰ ਸੜਕ ਕਿਨਾਰੇ ਕੰਮ ਕਰ ਰਹੇ ਸਨ। ਇਸੇ ਦੌਰਾਨ ਕਰੀਬ ਸਾਢੇ ਤਿੰਨ ਵਜੇ ਇੱਕ ਗੱਡੀ ਆਈ ਅਤੇ ਸਿੱਧੀ ਮਜ਼ਦੂਰਾਂ 'ਤੇ ਚੜ੍ਹਾ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਕਈ ਲੋਕ ਇਸ ਦੀ ਲਪੇਟ ਵਿੱਚ ਆ ਗਏ।"

"ਸਾਡੇ ਪਿੰਡ ਦਾ ਇੱਕ ਨੌਜਵਾਨ ਜੀਵਨ ਵੀ ਮੋਟਰਸਾਈਕਲ 'ਤੇ ਆ ਰਿਹਾ ਸੀ, ਉਹ ਵੀ ਹਾਦਸੇ ਦਾ ਸ਼ਿਕਾਰ ਹੋ ਗਿਆ। ਮੌਕੇ 'ਤੇ ਕਈ ਔਰਤਾਂ ਸਣੇ ਹੋਰ ਮਜ਼ਦੂਰਾਂ ਦੀਆਂ ਲਾਸ਼ਾਂ ਪਈਆਂ ਸਨ। ਕੁਝ ਜ਼ਖ਼ਮੀਆਂ ਦੀ ਹਾਲਤ ਵੀ ਬਹੁਤ ਗੰਭੀਰ ਸੀ।"

ਸੜਕ ਹਾਦਸਾ
ਤਸਵੀਰ ਕੈਪਸ਼ਨ, ਗੱਡੀ ਜਿਸ ਨਾਲ ਹਾਦਸਾ ਵਾਪਰਿਆ

ਹਾਦਸੇ ਵਿੱਚ ਆਪਣੀ ਜਠਾਣੀ ਨੂੰ ਗੁਆਉਣ ਵਾਲੀ ਔਰਤ ਨੇ ਕਿਹਾ ਸੀ, "ਸਾਨੂੰ ਇਨਸਾਫ਼ ਕੌਣ ਦਿਵਾਏਗਾ? ਕੌਣ ਸਾਡੀ ਗੱਲ ਸੁਣੇਗਾ? ਕੋਈ ਤਾਂ ਸਾਨੂੰ ਦੱਸੇ ਕਿ ਸਾਡੇ ਪਰਿਵਾਰਾਂ ਨਾਲ ਹੋਏ ਇਸ ਨੁਕਸਾਨ ਦਾ ਜਵਾਬ ਕੌਣ ਦੇਵੇਗਾ।"

"ਜੇਕਰ ਸੜਕ 'ਤੇ ਵਾਹਨ ਚਲਾਉਣ ਵਾਲਿਆਂ ਦੀ ਲਾਪਰਵਾਹੀ ਕਾਰਨ ਅਜਿਹੇ ਹਾਦਸੇ ਵਾਪਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਿਉਂ ਨਹੀਂ ਕੀਤੀ ਜਾਂਦੀ? ਪੁਲਿਸ ਕਿਸ ਲਈ ਹੈ ਅਤੇ ਆਪਣੀ ਡਿਊਟੀ ਕਿਉਂ ਨਿਭਾ ਰਹੀ ਹੈ, ਜੇਕਰ ਸਾਨੂੰ ਇਨਸਾਫ਼ ਹੀ ਨਹੀਂ ਮਿਲਣਾ?

"ਅਸੀਂ ਵੀ ਮਨਰੇਗਾ ਤਹਿਤ ਮਜ਼ਦੂਰੀ ਕਰਕੇ ਆਪਣੇ ਘਰਾਂ ਦਾ ਗੁਜ਼ਾਰਾ ਚਲਾਉਂਦੇ ਹਾਂ। ਸਾਡੇ ਪਰਿਵਾਰਾਂ ਦੀ ਰੋਜ਼ੀ-ਰੋਟੀ ਇਸੇ ਕੰਮ ਨਾਲ ਜੁੜੀ ਹੋਈ ਹੈ। ਅੱਜ ਇਸ ਹਾਦਸੇ ਨੇ ਸਾਡੇ ਘਰਾਂ ਨੂੰ ਉਜਾੜ ਦਿੱਤਾ ਹੈ।"

"ਹਾਦਸੇ ਵਿੱਚ ਮੇਰੀ ਜਠਾਣੀ ਦੀ ਮੌਤ ਹੋ ਗਈ ਹੈ। ਅਸੀਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਇਸ ਹਾਦਸੇ ਲਈ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਾਨੂੰ ਇਨਸਾਫ਼ ਦਿਵਾਇਆ ਜਾਵੇ।"

ਸਿਆਸੀ ਪ੍ਰਤੀਕਿਰਿਆਵਾਂ

ਵਰਿੰਦਰ ਗੋਇਲ

ਕੈਬਨਿਟ ਮੰਤਰੀ ਵਰਿੰਦਰ ਗੋਇਲ ਨੇ ਹਾਦਸੇ ਬਾਰੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਸੀ ਕਿ ਮਨਰੇਗਾ ਤਹਿਤ ਕੰਮ ਕਰ ਰਹੀਆਂ ਮਜ਼ਦੂਰ ਔਰਤਾਂ ਸੜਕ ਕਿਨਾਰੇ ਬੈਠ ਕੇ ਪਾਣੀ ਪੀ ਰਹੀਆਂ ਸਨ, ਜਦੋਂ ਇੱਕ ਕਾਰ ਉਨ੍ਹਾਂ 'ਤੇ ਚੜ੍ਹ ਗਈ।

ਉਨ੍ਹਾਂ ਨੇ ਕਿਹਾ ਸੀ, "ਇਹ ਬੇਹੱਦ ਦੁਖਦਾਈ ਘਟਨਾ ਹੈ। ਇਹ ਸਾਰੀਆਂ ਔਰਤਾਂ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਂਦੀਆਂ ਸਨ। ਬੜੀ ਮੁਸ਼ਕਲ ਨਾਲ ਮਨਰੇਗਾ ਦਾ ਕੰਮ ਸ਼ੁਰੂ ਹੋਇਆ ਸੀ ਅਤੇ ਇਹ ਮਜ਼ਦੂਰ ਆਪਣੀ ਦਿਹਾੜੀ ਕਰ ਰਹੀਆਂ ਸਨ, ਪਰ ਇਸ ਹਾਦਸੇ ਨੇ ਕਈ ਪਰਿਵਾਰਾਂ ਨੂੰ ਉਜਾੜ ਦਿੱਤਾ ਹੈ।"

"ਸਾਡੇ ਅਧਿਕਾਰੀ ਮੌਕੇ 'ਤੇ ਮੌਜੂਦ ਹਨ ਅਤੇ ਪ੍ਰਸ਼ਾਸਨ ਨੂੰ ਲੋੜੀਂਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਸਰਕਾਰ ਵੱਲੋਂ ਮ੍ਰਿਤਕ ਔਰਤਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਦੀ ਹਰ ਸੰਭਵ ਮਦਦ ਸਰਕਾਰੀ ਨਿਯਮਾਂ ਅਨੁਸਾਰ ਕੀਤੀ ਜਾਵੇਗੀ।"

"ਇਸ ਹਾਦਸੇ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਇਹ ਅਜਿਹਾ ਦੁੱਖ ਹੈ, ਜਿਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।"

ਵਿਜੇਂਦਰ ਸਿੰਗਲਾ
ਤਸਵੀਰ ਕੈਪਸ਼ਨ, ਕਾਂਗਰਸੀ ਅਗੂ ਵਿਜੇਂਦਰ ਸਿੰਗਲਾ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਹਾਲ ਜਾਣਿਆ

ਉਧਰ ਕਾਂਗਰਸੀ ਆਗੂ ਵਿਜੇਂਦਰ ਸਿੰਗਲਾ ਐਤਵਾਰ ਰਾਤੀਂ ਸਿਵਲ ਹਸਪਤਾਲ ਪਹੁੰਚੇ ਸਨ ਅਤੇ ਮਰੀਜ਼ਾਂ ਨਾਲ ਹਾਲ ਜਾਣਿਆ। ਉਨ੍ਹਾਂ ਨੇ ਕਿਹਾ ਸੀ, "ਦੱਸਿਆ ਜਾ ਰਿਹਾ ਹੈ ਕਿ ਮਜ਼ਦੂਰਾਂ ਨੇ ਕਾਫ਼ੀ ਦੇਰ ਤੱਕ ਮਦਦ ਦੀ ਗੁਹਾਰ ਲਗਾਈ ਅਤੇ ਲਗਭਗ ਡੇਢ ਘੰਟੇ ਬਾਅਦ ਐਂਬੂਲੈਂਸ ਮੌਕੇ 'ਤੇ ਪਹੁੰਚੀ, ਜਿਸ ਤੋਂ ਬਾਅਦ ਜ਼ਖ਼ਮੀਆਂ ਦਾ ਇਲਾਜ ਸ਼ੁਰੂ ਹੋ ਸਕਿਆ।"

"ਅੱਜ ਅਲੀਸ਼ੇਰ ਪਿੰਡ ਦੇ ਤਿੰਨ ਮਰੀਜ਼ ਸੰਗਰੂਰ ਹਸਪਤਾਲ ਵਿੱਚ ਦਾਖ਼ਲ ਹਨ, ਜਦਕਿ ਦੋ ਮਰੀਜ਼ਾਂ ਨੂੰ ਪਟਿਆਲਾ ਰੈਫ਼ਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਲਗਭਗ ਛੇ ਮਰੀਜ਼ਾਂ ਨੂੰ ਮੂਨਕ ਹਸਪਤਾਲ ਦੀ ਮੋਰਚਰੀ ਵਿੱਚ ਰੱਖੇ ਜਾਣ ਦੀ ਜਾਣਕਾਰੀ ਹੈ। ਇੱਕ ਹੋਰ ਮਰੀਜ਼ ਦੀ ਹਸਪਤਾਲ ਪਹੁੰਚਣ ਤੋਂ ਬਾਅਦ ਮੌਤ ਹੋ ਗਈ।"

ਉਨ੍ਹਾਂ ਨੇ ਅੱਗੇ ਕਿਹਾ ਸੀ, "ਜਾਣਕਾਰੀ ਮਿਲੀ ਹੈ ਕਿ ਪਟਿਆਲਾ ਰੈਫ਼ਰ ਕੀਤੇ ਗਏ ਕੁਝ ਮਰੀਜ਼ਾਂ ਨੂੰ ਦਾਖ਼ਲ ਕਰਵਾਉਣ ਵਿੱਚ ਮੁਸ਼ਕਲ ਆ ਰਹੀ ਹੈ। ਇਸ ਲਈ ਮੈਂ ਸਿਹਤ ਮੰਤਰੀ ਅਤੇ ਸਿਹਤ ਵਿਭਾਗ ਨੂੰ ਅਪੀਲ ਕਰਦਾ ਹਾਂ ਕਿ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦਿੱਤਾ ਜਾਵੇ ਅਤੇ ਕਿਸੇ ਵੀ ਜ਼ਖ਼ਮੀ ਨੂੰ ਇਲਾਜ ਲਈ ਖੱਜਲ-ਖੁਆਰ ਨਾ ਹੋਣਾ ਪਵੇ।"

"ਕੰਮ ਵਾਲੀ ਥਾਂ 'ਤੇ ਚਿਤਾਵਨੀ ਸੰਕੇਤ ਅਤੇ ਹੋਰ ਲੋੜੀਂਦੇ ਸੁਰੱਖਿਆ ਪ੍ਰਬੰਧ ਹੋਣੇ ਚਾਹੀਦੇ ਹਨ, ਤਾਂ ਜੋ ਸੜਕ 'ਤੇ ਤੇਜ਼ ਰਫ਼ਤਾਰ ਨਾਲ ਚੱਲਣ ਵਾਲੇ ਵਾਹਨਾਂ ਦੇ ਚਾਲਕਾਂ ਨੂੰ ਪਹਿਲਾਂ ਹੀ ਪਤਾ ਲੱਗ ਸਕੇ ਕਿ ਅੱਗੇ ਕੰਮ ਚੱਲ ਰਿਹਾ ਹੈ।"

ਅਮਰਿੰਦਰ ਸਿੰਘ ਰਾਜਾ ਵੜਿੰਗ
ਤਸਵੀਰ ਕੈਪਸ਼ਨ, ਰਾਜਾ ਵੜਿੰਗ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਜ਼ਖ਼ਮੀਆਂ ਨੂੰ ਤੁਰੰਤ ਅਤੇ ਢੁੱਕਵਾਂ ਇਲਾਜ ਮੁਹੱਈਆ ਕਰਵਾਇਆ ਜਾਵੇ

ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਾਦਸੇ 'ਤੇ ਦੁੱਖ ਪ੍ਰਗਟਾਇਆ ਅਤੇ ਆਪਣੇ ਐਕਸ ਹੈਂਡਲ ਲਿਖਿਆ ਸੀ, "ਇਹ ਬੇਹੱਦ ਦੁਖਦਾਈ ਘਟਨਾ ਹੈ। ਮਜ਼ਦੂਰ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ ਅਤੇ ਸਖ਼ਤ ਮਿਹਨਤ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਂਦੇ ਹਨ।"

ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਜ਼ਖ਼ਮੀਆਂ ਨੂੰ ਤੁਰੰਤ ਅਤੇ ਢੁੱਕਵਾਂ ਇਲਾਜ ਮੁਹੱਈਆ ਕਰਵਾਇਆ ਜਾਵੇ, ਹਾਦਸੇ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)