ਤੁਸੀਂ ਇਸ ਵੈੱਬਸਾਈਟ ਦਾ ਸਿਰਫ਼-ਟੈਕਸਟ ਵਰਜ਼ਨ ਦੇਖ ਰਹੇ ਹੋ ਜੋ ਘੱਟ ਡਾਟਾ ਵਰਤਦਾ ਹੈ। ਸਾਰੀਆਂ ਤਸਵੀਰਾਂ ਅਤੇ ਵੀਡੀਓ ਸਮੇਤ ਵੈੱਬਸਾਈਟ ਦਾ ਮੁੱਖ ਵਰਜ਼ਨ ਦੇਖੋ।
ਖੇਤੀ ਕਾਨੂੰਨਾਂ 'ਤੇ ਹੁਣ ਕੈਪਟਨ ਅਤੇ ਸੁਖਬੀਰ 'ਚ ਸ਼ਬਦੀ ਜੰਗ ਕਿਉਂ ਛਿੜੀ - ਪ੍ਰੈੱਸ ਰਿਵੀਊ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੇਤੀ ਕਾਨੂੰਨਾਂ ਨੂੰ ਲੈ ਕੇ ਇੱਕ ਦੂਜੇ ਉੱਤੇ ਸ਼ਬਦੀ ਵਾਰ ਕਰ ਰਹੇ ਹਨ।
ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਖ਼ੇਤੀ ਕਾਨੂੰਨਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਤਾਜ਼ਾ ਬਿਆਨ ਦਿਖਾਉਂਦਾ ਹੈ ਕਿ ਉਹ ਆਪਣੀ ਸਿਆਸੀ ਜ਼ਮੀਨ ਮੁਕੰਮਲ ਤੌਰ 'ਤੇ ਗੁਆ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਖ਼ੇਤੀ ਕਾਨੂੰਨਾਂ ਬਾਬਤ ਅਕਾਲੀਆਂ ਦੇ ਦੁਹਰੇ ਮਾਪਦੰਡ ਖੁੱਲ੍ਹ ਕੇ ਸਾਹਮਣੇ ਆ ਗਏ ਹਨ।
ਇਹ ਵੀ ਪੜ੍ਹੋ:
ਉਧਰ ਖ਼ਬਰ ਮੁਤਾਬਕ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚਾਰ ਸਵਾਲ ਕੀਤੇ ਹਨ ਜਿਨ੍ਹਾਂ ਵਿੱਚੋਂ ਇੱਕ ਵਿੱਚ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੰਦਿਆਂ ਪੁੱਛਿਆ ਹੈ ਕਿ ਕੈਪਟਨ ਦੱਸਣ ਕਿ ਕੀ ਉਨ੍ਹਾਂ ਕੇਂਦਰ ਦੇ ਖ਼ੇਤੀ ਕਾਨੂੰਨਾਂ ਨੂੰ ਰੱਦ ਕੀਤਾ ਹੈ ਅਤੇ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਨਵੇਂ ਬਿੱਲ ਕਦੋਂ ਲਾਗੂ ਹੋਣਗੇ।
ਇਸ ਤੋਂ ਇਲਾਵਾ ਸੁਖਬੀਰ ਨੇ ਇਹ ਵੀ ਪੁੱਛਿਆ ਕਿ ਵਿਧਾਨ ਸਭਾ ਵਿੱਚ ਲਿਆਂਦੇ ਬਿੱਲ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੇ ਹੱਕ ਨੂੰ ਯਕੀਨੀ ਬਣਾਉਣਗੇ।
ਫਾਰੂਕ ਅਬਦੁੱਲ੍ਹਾ ਨੇ ਆਖਿਆ, ''ਅਸੀਂ ਭਾਜਪਾ ਵਿਰੋਧੀ ਹਾਂ ਦੇਸ਼ ਵਿਰੋਧੀ ਨਹੀਂ''
ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲ੍ਹਾ ਨੇ ਕਿਹਾ ਹੈ ਕਿ ਅਸੀਂ ਭਾਜਪਾ ਵਿਰੋਧੀ ਮੰਚ ਹਾ ਨਾ ਕਿ ਦੇਸ਼ ਵਿਰੋਧੀ।
ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਫਾਰੂਕ ਅਬਦੁੱਲ੍ਹਾ ਨੇ ਕਿਹਾ ਕਿ ਹਾਲ ਹੀ ਵਿੱਚ ਕਾਇਮ ਕੀਤਾ ਗਿਆ 'ਪੀਪਲਜ਼ ਅਲਾਇੰਸ ਫ਼ਾਰ ਗੁਪਕਾਰ ਡੈਕਲੈਰੇਸ਼ਨ' (PAGD) ਇੱਕ ਭਾਜਪਾ ਵਿਰੋਧੀ ਮੰਚ ਹੈ ਨਾ ਕਿ ਦੇਸ਼ ਵਿਰੋਧੀ।
ਸ਼੍ਰੀਨਗਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ, ''ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਭਾਜਪਾ ਵੱਲੋਂ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ PAGD ਇੱਕ ਦੇਸ਼ ਵਿਰੋਧੀ ਮੰਚ ਹੈ ਪਰ ਇਹ ਸੱਚ ਨਹੀਂ ਹੈ। ਇਸ 'ਚ ਕੋਈ ਸ਼ੱਕ ਨਹੀਂ ਕਿ ਇਹ ਭਾਜਪਾ ਵਿਰੋਧੀ ਹੈ ਪਰ ਇਹ ਦੇਸ਼ ਵਿਰੋਧੀ ਨਹੀਂ ਹੈ।''
ਬੀਬੀਸੀ ਪੰਜਾਬੀ ਦੀ ਵੈੱਬਸਾਈਟ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਬਹਾਲ ਕਰਨ ਵਾਸਤੇ ਇਹ ਮੰਚ ਬਣਾਇਆ ਗਿਆ ਹੈ।
ਖ਼ੇਤੀ ਕਾਨੂੰਨਾਂ ਦੇ ਰੋਸ 'ਚ ਭਾਜਪਾ ਦੇ ਪੰਜਾਬ ਕਿਸਾਨ ਮੋਰਚਾ ਪ੍ਰਧਾਨ ਨੇ ਛੱਡਿਆ ਅਹੁਦਾ
ਪੰਜਾਬ ਭਾਜਪਾ ਦੇ ਕਿਸਾਨ ਮੋਰਚਾ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਅਮਰ ਉਜਾਲਾ ਦੀ ਖ਼ਬਰ ਮੁਤਾਬਕ ਪੰਜਾਬ ਭਾਜਪਾ ਦੇ ਕਿਸਾਨ ਮੋਰਚਾ ਪ੍ਰਧਾਨ ਤਰਲੋਚਨ ਸਿੰਘ ਗਿੱਲ ਨੇ ਕੇਂਦਰ ਦੇ ਖ਼ੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਆਪਣਾ ਅਸਤੀਫ਼ਾ ਦਿੱਤਾ ਹੈ।
ਖ਼ਬਰ ਮੁਤਾਬਕ ਮੋਗਾ ਵਿੱਚ ਪ੍ਰੈੱਸ ਕਾਨਫਰੰਸ ਕਰਦਿਆਂ ਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਵਿਵਾਦਿਤ ਖ਼ੇਤੀ ਕਾਨੂੰਨ ਸੂਬੇ ਦੇ ਕਿਸਾਨਾਂ ਦੇ ਹੱਕ ਵਿੱਚ ਨਹੀਂ ਸਨ।
ਗਿੱਲ ਨੇ ਕਿਹਾ ਕਿ ਉਨ੍ਹਾਂ ਪਾਰਟੀ ਵਿੱਚ ਰਹਿੰਦਿਆਂ ਇਨ੍ਹਾਂ ਬਿੱਲਾਂ ਜੋ ਹੁਣ ਕਾਨੂੰਨ ਬਣ ਗਏ ਹਨ, ਖ਼ਿਲਾਫ਼ ਆਪਣੀ ਆਵਾਜ਼ ਰੱਖੀ ਸੀ ਪਰ ਕਿਸੇ ਨੇ ਉਨ੍ਹਾਂ ਦੀ ਨਹੀਂ ਸੁਣੀ। ਇਸੇ ਕਰਕੇ ਉਨ੍ਹਾਂ ਨੇ ਅਸਤੀਫ਼ਾ ਦੇਣ ਦਾ ਫ਼ੈਸਲਾ ਕੀਤਾ।
ਇਹ ਵੀ ਪੜ੍ਹੋ:
ਇਹ ਵੀਡੀਓ ਵੀ ਦੇਖੋ: